ਅਪਰੇਸ਼ਨ ਬਲਿਊ ਸਟਾਰ ਬਰਸੀ – ਤਣਾਅਪੂਰਨ ਮਾਹੌਲ ਦੌਰਾਨ ਗੂੰਜੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ
ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਸਥਿਤੀ ਕਾਫੀ ਤਣਾਅਪੂਰਨ ਰਹੀ ਪਰ ਕਿਸੇ ਹਿੰਸਕ ਘਟਨਾ ਦੀ ਕੋਈ ਖ਼ਬਰ ਨਹੀਂ ਹੈ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ। ਜਥੇਦਾਰ ਦੇ ਸੰਦੇਸ਼ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਮੂਹਰੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਤੇ ਪ੍ਰਕਾਸ਼ ਸਿੰਘ ਬਾਦਲ ਮੁਰਦਾਬਾਦ ਦੇ ਨਾਅਰੇ ਵੀ ਲੱਗੇ।
ਦਰ ਅਸਲ ਅਕਾਲ ਤਖ਼ਤ ਦੇ ਸਾਹਮਣੇ ਵੱਡੇ ਪੱਧਰ ‘ਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਮੱਰਥਕ ਸਿੱਖ ਪੁੱਜੇ ਹੋਏ ਸਨ। ਜਦੋਂ ਹੀ ਜਥੇਦਾਰ ਨੇ ਸੰਦੇਸ਼ ਪੜ੍ਹਿਆ। ਉਨ੍ਹਾਂ ‘ਚ ਬਾਦਲ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੇ ਪੱਧਰ ‘ਤੇ ਹਰਿਮੰਦਰ ਸਾਹਿਬ ਪਰਿਕਰਮਾ ‘ਚ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਮਹੌਲ ਬਿਲਕੁਲ ਠੀਕ ਹੈ ਤੇ ਕਿਸੇ ਨੂੰ ਵੀ ਮਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਨੇ ਵੱਡੇ ਪੱਧਰ ‘ਤੇ ਗਰਮਦਲੀ ਲੀਡਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ । ਇਸ ਕਰਕੇ ਕਰਕੇ ਗਰਮਦਲੀ ਲੀਡਰਾਂ ‘ਚੋਂ ਸਿਰਫ਼ ਸਿਮਰਨਜੀਤ ਮਾਨ ਹੀ ਅਕਾਲ ਤਖ਼ਤ ‘ਤੇ ਪਹੁੰਚ ਸਕੇ ਕਿਉਂਕਿ ਉਨ੍ਹਾਂ ਦੀ ਗ੍ਰਿਫਤਾਰੀ ਨਹੀਂ ਹੋਈ ਸੀ।