ਬਰਖਾਸਤ ਪੰਜ ਪਿਆਰਿਆਂ ਨੇ ਅੰਮ੍ਰਿਤਸਰ ਵਿੱਚ ਖੋਲ੍ਹਿਆ ਵੱਖਰਾ ਦਫਤਰ
ਅੰਮ੍ਰਿਤਸਰ, 10 ਜੂਨ (ਪੰਜਾਬ ਮੇਲ)-ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇ ਮਾਮਲੇ ਜਥੇਦਾਰਾਂ ਨੂੰ ਤਲਬ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਪੰਜ ਪਿਆਰਿਆਂ ਨੇ ਅੱਜ ਅੰਮ੍ਰਿਤਸਰ ਵਿੱਚ ਆਪਣਾ ਵੱਖਰਾ ਦਫਤਰ ਖੋਲ੍ਹ ਲਿਆ ਹੈ। ਪੰਜ ਪਿਆਰਿਆਂ ਮੁਤਾਬਕ ਇਹ ਦਫਤਰ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਮੰਗ ਤੋਂ ਬਾਅਦ ਖੋਲ੍ਹਿਆ ਗਿਆ ਹੈ।
ਨਿਊ ਅੰਮ੍ਰਿਤਸਰ ਵਿੱਚ ਖੋਲ੍ਹੇ ਗਏ ਦਫਤਰ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ। ਇਸ ਮੌਕੇ ਕੀਤੇ ਗਏ ਕਈ ਪੰਥਕ ਆਗੂ ਸ਼ਾਮਲ ਹੋਏ। ਇਸ ਸਮਾਗਮ ਵਿੱਚ ਕਈ ਗਰਮਖਿਆਲੀ ਜਥੇਬੰਦੀਆਂ ਸਮੇਤ ਦਲ ਖਾਲਸਾ, ਅਖੰਡ ਕੀਰਤਨੀ ਜਥਾ ਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੀ ਸ਼ਾਮਲ ਹੋਏ। ਇਸ ਮੌਕੇ ਸਭ ਤੋਂ ਅਹਿਮ ਗੱਲ ਇਹ ਵੇਖਣ ਨੂੰ ਮਿਲੀ ਕਿ ਸਰਬੱਤ ਖਾਲਸਾ ਬੁਲਾਉਣ ਵਾਲੀਆਂ ਜਥੇਬੰਦੀਆਂ ਦੇ ਆਗੂ ਇਸ ਸਮਾਗਮ ਤੋਂ ਦੂਰ ਹੀ ਰਹੇ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਕਰਨ ਵਾਲੇ ਸਤਨਾਮ ਸਿੰਘ ਖੰਡਾ ਨੇ ਕਿਹਾ ਕਿ ਇਸ ਖੋਲ੍ਹੇ ਗਏ ਦਫਤਰ ਰਾਹੀਂ ਸਿੱਖ ਪੰਥ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਲਈ ਵਿਚਾਰ ਕਰਨ ਤੋਂ ਇਲਾਵਾ ਸਿੱਖੀ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਅਖੰਡ ਕੀਰਤਨੀ ਜਥੇ ਨੇ ਐਲਾਨ ਕੀਤਾ ਕਿ ਉਹ ਬਰਖਾਸਤ ਪੰਜ ਪਿਆਰਿਆਂ ਨੂੰ ਹਰ ਮਹੀਨੇ 25 ਹਜ਼ਾਰ ਰੁਪਏ ਦੇਣਗੇ। ਇਸ ਤੋਂ ਪਹਿਲਾਂ ਇਸੇ ਜਥੇਬੰਦੀ ਵੱਲੋਂ ਇਨ੍ਹਾਂ ਨੂੰ ਇੱਕ ਇਨੋਵਾ ਗੱਡੀ ਵੀ ਦਿੱਤੀ ਜਾ ਚੁੱਕੀ ਹੈ।
ਸਮਾਗਮ ਵਿੱਚ ਅਖੰਡ ਕੀਰਤਨੀ ਜਥੇ ਵੱਲੋਂ ਬੀਤੇ ਦਿਨੀਂ ਮੁੱਖ ਮੰਤਰੀ ਨੂੰ ਸਿਰੋਪਾ ਦੇਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਸਿੰਘ ਬਲਬੀਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਭੇਟ ਕੀਤੀ ਗਈ। ਸਤਨਾਮ ਸਿੰਘ ਖੰਡਾ ਨੇ ਕਿਹਾ ਕਿ ਇਸ ਦਫਤਰ ਰਾਹੀਂ ਪੰਥਕ ਰਹਿਤ ਮਰਿਆਦਾ ਨੂੰ ਮੁੱਖ ਰੱਖ ਕੇ ਹੀ ਸਾਰੇ ਫੈਸਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਅੰਮ੍ਰਿਤ ਸੰਚਾਰ ਦੀ ਸੇਵਾ ਉਹ ਅਕਾਲ ਤਖ਼ਤ ਸਾਹਿਬ ਵਿਖੇ ਨਿਭਾਉਂਦੇ ਰਹੇ ਹਨ, ਉਸ ਨੂੰ ਨਿਰੰਤਰ ਜਾਰੀ ਰੱਖਣਗੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਬਰਖਾਸਤ ਕੀਤੇ ਜਾਣ ਤੋਂ ਬਾਅਦ ਵਿਦੇਸ਼ਾਂ ਵਿੱਚ ਜਾ ਕੇ ਅੰਮ੍ਰਿਤ ਸੰਚਾਰ ਕਰਵਾ ਵੀ ਚੁੱਕੇ ਹਨ।
.....................................
ਟਿੱਪਣੀ : ਸਿੱਖ ਪੰਥ ਲਈ ਕੁਝ ਚੰਗੇ ਲੱਛਣ ਨਹੀਂ ਹਨ !
ਅਮਰ ਜੀਤ ਸਿੰਘ ਚੰਦੀ