ਵਿਸ਼ਵ ਕਬੱਡੀ ਕੱਪ; ਭਾਰਤ ਤੇ ਕੈਨੇਡਾ ਕਬੱਡੀ ਕੱਪ ਦੇ ਫਾਈਨਲ ‘ਚ
ਰੋਪੜ/ਆਨੰਦਪੁਰ ਸਾਹਿਬ, 8 ਦਸੰਬਰ (ਪੰਜਾਬ ਮੇਲ)- ਅੱਜ ਰੋਪੜ ਜ਼ਿਲ੍ਹੇ ‘ਚ ਸਥਿਤ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਕੱਪ ਦੇ ਸੈਮੀਫਾਈਨਲ ਮੈਚਾਂ ਦਾ ਦੂਜਾ ਮੈਚ ਭਾਰਤ ਅਤੇ ਅਮਰੀਕਾ ਵਿਚਾਲੇ ਹੋਇਆ। ਮੈਚ ‘ਚ ਭਾਰਤ ਨੇ ਯੂ.ਐੱਸ.ਏ. ਨੂੰ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਇਸ ਮੈਚ ਤੋਂ ਪਹਿਲਾਂ ਅੱਜ ਕੈਨੇਡਾ ਨੇ ਇੰਗਲੈਂਡ ਨੂੰ ਸੈਮੀਫਾਈਨਲ ਦੇ ਪਹਿਲੇ ਮੈਚ ‘ਚ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ ਸੀ। ਹੁਣ ਫਾਈਨਲ ਮੈਚ ਭਾਰਤ ਅਤੇ ਕੈਨੇਡਾ ਵਿਚਾਲੇ 10 ਦਸੰਬਰ ਨੂੰ ਖੇਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ। ਇਨ੍ਹਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ਼੍ਰੀਲੰਕਾ ਹਨ, ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।