ਮੁਹਾਲੀ, 23 ਨਵੰਬਰ (ਪੰਜਾਬ ਮੇਲ)- ਅੰਤਰਰਾਸ਼ਟਰੀ ਡਰੱਗ ਤਸਕਰ ਅਤੇ ਸਾਬਕਾ ਕੌਮਾਂਤਰੀ ਰੈਸਲਰ ਜਗਦੀਸ਼ ਸਿੰਘ ਉਰਫ਼ ਭੋਲਾ, ਸਰਬਜੀਤ ਸਿੰਘ ਸੱਬਾ ਅਤੇ ਜਗਜੀਤ ਸਿੰਘ ਚਾਹਲ ਦਾ 5 ਰੋਜ਼ਾ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਇਨ੍ਹਾਂ ਨੂੰ ਸ਼ਨਿਚਰਵਾਰ ਮੈਜਿਸਟਰੇਟ ਈਮਾਨਬੀਰ ਸਿੰਘ ਧਾਲੀਵਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਮੁਲਜ਼ਮ ਜਗਜੀਤ ਚਾਹਲ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ। ਦੂਜੇ ਪਾਸੇ ਜਗਦੀਸ਼ ਭੋਲਾ ਅਤੇ ਉਸ ਦੇ ਸਾਥੀ ਸਰਬਜੀਤ ਸੱਬਾ ਨੂੰ ਪ੍ਰੋਡਕਸ਼ਨ ਵਰੰਟ ’ਤੇ ਪਟਿਆਲਾ ਪੁਲਿਸ ਹਵਾਲੇ ਕਰ ਦਿੱਤਾ, ਜਿਥੇ ਇਨ੍ਹਾਂ ਮੁਲਜ਼ਮਾਂ ਨੂੰ ਭਲਕੇ 24 ਨਵੰਬਰ ਨੂੰ ਪਟਿਆਲਾ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਉਧਰ, ਇਸ ਮਾਮਲੇ ਵਿੱਚ ਗ੍ਰਿਫ਼ਤਾਰ ਭੋਲਾ ਦੇ ਦੋ ਹੋਰ ਸਾਥੀ ਪਰਮਜੀਤ ਸਿੰਘ ਪੰਮਾ ਅਤੇ ਮਨਜਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਪਹਿਲਾਂ ਹੀ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਹਨ। ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਬਨੂੜ ਥਾਣੇ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਬਰਾੜ ਅਤੇ ਸਰਕਾਰੀ ਵਕੀਲ ਨੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਗਦੀਸ਼ ਭੋਲਾ ਤੇ ਸਾਥੀਆਂ ਕੋਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ’ਚ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ, ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਇਨ੍ਹਾਂ ਦੇ ਗੋਰਖਧੰਦੇ ਦੀਆਂ ਤਾਰਾਂ ਕਿਥੋਂ ਤੱਕ ਜੁੜੀਆਂ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਉਕਤ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਰੀਬ 9 ਕੁਇੰਟਲ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਚੁੱਕੇ ਹਨ। ਭੋਲਾ ਵੱਲੋਂ ਕੌਮਾਂਤਰੀ ਸਰਹੱਦ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਕੂਰੀਅਰ ਰਾਹੀਂ ਵੱਖ-ਵੱਖ ਟਿਕਾਣਿਆਂ ’ਤੇ ਪਹੁੰਚਾਇਆ ਜਾਂਦਾ ਸੀ। ਪੁਲਿਸ ਨੇ ਇਸ ਗੋਰਖਧੰਦੇ ਵਿੱਚ 50 ਐਨ.ਆਰ.ਆਈਜ਼ ਦੇ ਸ਼ਾਮਲ ਹੋਣ ਦਾ ਵੀ ਖੁਲਾਸਾ ਕੀਤਾ ਹੈ।
ਖ਼ਬਰਾਂ
ਅਦਾਲਤ ਨੇ ਜਗਦੀਸ਼ ਭੋਲਾ ਤੇ ਸਰਬਜੀਤ ਸੱਬਾ ਨੂੰ ਕੀਤਾ ਪਟਿਆਲਾ ਪੁਲਿਸ ਹਵਾਲੇ
Page Visitors: 2530